ਭਵਾਨੀਗੜ/ਸੰਗਰੂਰ(ਦਲਜੀਤ ਕੌਰ ਭਵਾਨੀਗੜ੍ਹ) ਧਰਤੀ ਹੇਠਲੇ ਪਾਣੀ ਦੇ ਹੇਠਾਂ ਡਿੱਗ ਰਹੇ ਪੱਧਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਦੁਆਰਾ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਜਾਰੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਭਵਾਨੀਗੜ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਦੇ ਦਿਸਾ ਨਿਰਦੇਸਾਂ ਅਨੁਸਾਰ ਸਮੂਹ ਸਬ ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਕੈਂਪਾਂ ਦੀ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਭਵਾਨੀਗੜ ਨੇੜਲੇ ਪਿੰਡ ਕਾਕੜਾ ਦੀ ਸਹਿਕਾਰੀ ਸੁਸਾਇਟੀ ’ਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ. ਮਨਦੀਪ ਸਿੰਘ ਨੇ ਕਿਸਾਨਾਂ ਨਾਲ ਪਾਣੀ ਦੀ ਅਹਿਮੀਅਤ ਬਾਰੇ ਜਾਣਕਾਰੀ ਪ੍ਰਦਾਨ ਕਰਦਿਆਂ ਹਰ ਖੇਤਰ ਵਿਚ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਸਬੰਧੀ ਪ੍ਰੇਰਿਤ ਕੀਤਾ। ਕੈਂਪ ਦੌਰਾਨ ਡਾ ਮਨਦੀਪ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਤਿਆਰੀ, ਬੀਜ ਸੋਧ ਅਤੇ ਬਿਜਾਈ, ਨਦੀਨ ਪ੍ਰਬੰਧਨ, ਸਿੰਚਾਈ ਤੇ ਖਾਦਾਂ ਦੀ ਸਹੀ ਵਰਤੋਂ ਆਦਿ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਬਚਨ ਸਿੰਘ ਬਰਾੜ, ਜੀਤ ਸਿੰਘ ਨੰਬਰਦਾਰ, ਹਰਵਿੰਦਰ ਸਿੰਘ ਕਾਕੜਾ ਅਤੇ ਹਰਪ੍ਰੀਤ ਸਿੰਘ ਆਦਿ ਕਿਸਾਨ ਸਾਮਲ ਹੋਏ।
