
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ/ਸੰਗਰੂਰ, 2 ਅਗਸਤ, 2022: ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਜੱਥੇਬੰਦੀ ‘ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ’ ਵੱਲੋਂ ਆਉਣ ਵਾਲੀ 7 ਅਗਸਤ ਨੂੰ ਸੰਗਰਰੂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ ਨੇ ਦੱਸਿਆ ਕਿ ਈਟੀਟੀ 2364 ਭਰਤੀ ਨੂੰ ਬਹਾਲ ਕਰਵਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੱਲ ਰਹੇ ਕੇਸ ਦੀ ਅਗਲੀ ਸੁਣਵਾਈ 23 ਅਗਸਤ 2022 ਨੂੰ ਹੋਵੇਗੀ, ਜਿਸ ਵਿੱਚ ਭਰਤੀ ਬੋਰਡ ਨੂੰ ਸਾਬਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਪਣਾ ਹਲਫ਼ਨਾਮਾ ਦਾਇਰ ਕੀਤਾ ਜਾਣਾ ਹੈ, ਜਿਸ ਨੂੰ ਪਹਿਲ ਦੇ ਆਧਾਰ ਤੇ ਸਰਕਾਰ ਵੱਲੋਂ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਡੀ ਜਲਦ ਪੈਨਲ ਮੀਟਿੰਗ ਕਰਵਾ ਕੇ ਭਰਤੀ ਪ੍ਰਕਿਰਿਆ ਸ਼ੁਰੂ ਕਰਵਾ ਕੇ ਰੁਜ਼ਗਾਰ ਦੀ ਮੰਗ ਨਾ ਮੰਨੀ ਗਈ ਤਾਂ ਆਉਣ ਵਾਲੀ 7 ਅਗਸਤ ਨੂੰ ਸੰਗਰਰੂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਇੱਕ ਮੀਟਿੰਗ ਵੀ ਕੀਤੀ ਗਈ। ਬੇਰੁਜ਼ਗਾਰ ਅਧਿਆਪਕਾਂ ਨੇ ਮੰਤਰੀ ਨੂੰ ਅਪਣਾ ਮੰਗ ਪੱਤਰ ਸੌਂਪਦਿਆਂ ਉਹਨਾਂ ਅੱਗੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਕੂਲ ਸਿੱਖਿਆ ਸਕੱਤਰ ਨਾਲ ਪੈਨਲ ਮੀਟਿੰਗ ਕਰਵਾ ਕੇ ਰੁਜ਼ਗਾਰ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੇਰੁਜ਼ਗਾਰ ਆਗੂਆਂ ਨੂੰ ਪੂਰਨ ਭਰੋਸਾ ਦਿੱਤਾ ਕਿ ਉਨ੍ਹਾਂ ਜਲਦ ਪੈਨਲ ਮੀਟਿੰਗ ਕਰਵਾ ਕੇ ਮੰਗਾਂ ਦਾ ਜਲਦ ਹੱਲ ਕੀਤਾ ਜਾਵੇਗਾ।
ਇਸ ਮੌਕੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ 2364 ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰਪਾਲ ਗੁਰਦਾਸਪੁਰ, ਰਾਜਕੁਮਾਰ ਦੀਨਾਨਗਰ, ਨਰੇਸ਼ ਕੁਮਾਰ ਪਠਾਨਕੋਟ ਸਾਥੀ ਮੌਜੂਦ ਸਨ।