ਡਿਪਟੀ ਕਮਿਸ਼ਨਰ ਤੇ ਜਿਲ੍ਹਾ ਪੁਲਿਸ ਮੁਖੀ ਵੱਲੋਂ ਘਟਨਾ ਸਥਾਨ ਦਾ ਦੌਰਾ
ਮੁੱਖ ਮੰਤਰੀ ਵੱਲੋਂ ਘਟਨਾ ਦੀ ਨਿੰਦਾ-ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ
ਚੋਹਲਾ ਸਾਹਿਬ/ਤਰਨਤਾਰਨ,31 ਅਗਸਤ (ਰਾਕੇਸ਼ ਨਈਅਰ) ਬੀਤੀ ਰਾਤ ਪੱਟੀ ਨੇੜੇ ਠਕਰਪੁਰਾ ਵਿਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਚਰਚ ਦੀ ਭੰਨਤੋੜ ਕਰਨ ਅਤੇ ਉਥੇ ਖੜੀ ਇਕ ਕਾਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੱਟੀ ਸਿਟੀ ਪੁਲਿਸ ਸਟੇਸ਼ਨ ਵਿਚ ਐਫ.ਆਈ.ਆਰ ਦਰਜ ਕਰ ਲਈ ਗਈ ਹੈ। ਬੁੱਧਵਾਰ ਸਵੇਰੇ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਤੇ ਜਿਲ੍ਹਾ ਪੁਲਿਸ ਮੁਖੀ ਸ.ਰਣਜੀਤ ਸਿੰਘ ਢਿਲੋਂ ਵੱਲੋਂ ਘਟਨਾ ਸਥਾਨ ਦਾ ਦੌਰਾ ਕਰਕੇ ਇਸਾਈ ਭਾਈਚਾਰੇ ਨੂੰ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ ਗਿਆ।ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕਰੀਬ ਪੌਣੇ ਇਕ ਵਜੇ ਚਾਰ ਸ਼ਰਾਰਤੀ ਅਨਸਰ ਕੰਧ ਟੱਪ ਕੇ ਚਰਚ ਦੇ ਕੰਪਲੈਕਸ ਵਿੱਚ ਦਾਖਲ ਹੋਏ ਅਤੇ ਉਨਾਂ ਨੇ ਸੁਰੱਖਿਆ ਕਰਮੀ ਨੂੰ ਇਕ ਕਮਰੇ ਵਿੱਚ ਕੈਦ ਕਰਨ ਮਗਰੋਂ ਚਰਚ ਵਿੱਚ ਲੱਗੇ ਕਰਾਈਸਟ ਯੀਸਸ ਦੇ ਬੁੱਤ ਦੀ ਭੰਨ ਤੋੜ ਕੀਤੀ ਅਤੇ ਉਥੇ ਖੜੀ ਇਕ ਕਾਰ ਨੂੰ ਅੱਗ ਲਗਾ ਦਿੱਤੀ।ਉਨਾਂ ਦੱਸਿਆ ਕਿ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਇੰਨਾਂ ਵਿਅਕਤੀਆਂ ਦੀ ਗਿਣਤੀ ਚਾਰ ਸੀ ਅਤੇ ਇਹ ਕੱਚੇ ਰਸਤਿਆਂ ਤੋਂ ਚਰਚ ਵਿਚ ਆਏ। ਉਨਾਂ ਦੱਸਿਆ ਕਿ ਉਕਤ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਸੀ ਅਤੇ ਇਸ ਤੋਂ ਇਲਾਵਾ ਵੀ ਪੁਲਿਸ ਨੂੰ ਪੁਖ਼ਤਾ ਸਬੂਤ ਮਿਲ ਗਏ ਹਨ ਅਤੇ ਛੇਤੀ ਹੀ ਦੋਸ਼ੀ ਪੁਲਿਸ ਦੀ ਗਿਰਫ਼ਤ ਵਿਚ ਹੋਣਗੇ। ਉਨਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨਾਲ ਇਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਅਤੇ ਪੁਲਿਸ ਉਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ। ਉਨਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਕੇਵਲ ਪੰਜਾਬ ਦੇ ਸਾਂਤ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਹੈ,ਪਰ ਪੁਲਿਸ ਸ਼ਰਾਰਤੀ ਲੋਕਾਂ ਦੇ ਨਾਪਾਕ ਮਨਸੂਬੇ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਛੇਤੀ ਹੀ ਸਾਰੇ ਦੋਸ਼ੀ ਪੁਲਿਸ ਦੀ ਗਿਰਫ਼ਤ ਵਿਚ ਹੋਣਗੇ। ਇਸਾਈ ਭਾਈਚਾਰੇ ਨੇ ਜਿਲ੍ਹਾ ਅਧਿਕਾਰੀਆਂ ਵੱਲੋਂ ਦਿੱਤੇ ਗਏ ਭਰੋਸੇ ਮਗਰੋਂ ਧਰਨਾ ਚੁੱਕ ਲਿਆ ਤੇ ਜਾਂਚ ਵਿਚ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

ਮੁੱਖ ਮੰਤਰੀ ਵਲੋਂ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ
ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਘਟਨਾ ਦੀ ਨਿਖੇਧੀ ਕਰਦੇ ਹੋਏ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਬਹੁਤ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਖੀ ਨਾਲ ਕੀਤੀ ਗੱਲਬਾਤ ਵਿਚ ਉਨਾਂ ਨੇ ਇਸ ਨਾ-ਮੁਆਫੀਯੋਗ ਘਟਨਾ ਦੀ ਤੈਅ ਤੱਕ ਜਾਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸਾਂਤੀ,ਖੁਸ਼ਹਾਲੀ ਅਤੇ ਤਰੱਕੀ ਦੀਆਂ ਦੁਸ਼ਮਣ ਤਾਕਤਾਂ ਦਾ ਹੱਥ ਹੈ,ਪਰ ਅਸੀਂ ਇਹ ਘਟੀਆ ਮਨਸੂਬੇ ਕਾਮਯਾਬ ਨਹੀਂ ਹੋਣ ਦਿਆਂਗੇ।ਉਨਾਂ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਸਾਜਿਸ਼ਾਂ ਨੂੰ ਨਾਕਾਮ ਕਰੇਗੀ ਅਤੇ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰੇਗੀ, ਤਾਂ ਜੋ ਭਵਿੱਖ ਵਿਚ ਬਾਕੀਆਂ ਨੂੰ ਸਬਕ ਮਿਲ ਸਕੇ। ਉਨਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੀ ਅਮਨ-ਸਾਂਤੀ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਇਹ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।