
ਐੱਫ. ਆਈ. ਆਰ. ਵਿਚ ਨਾਮਜ਼ਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 30 ਅਗਸਤ, 2022: ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜਿਲ੍ਹਾ ਇਕਾਈ ਸੰਗਰੂਰ ਦੀ ਅਗਵਾਈ ਵਿਚ ਪਿਛਲੇ ਦਿਨੀਂ ਥਾਣਾ ਛਾਜਲੀ ਅਧੀਨ ਇਕ ਪਿੰਡ ਵਿਚ ਇੱਕ ਦਲਿਤ ਨਬਾਲਗ ਲੜਕੀ ਨਾਲ ਹੋਏ ਸਮੂਹਿਕ ਬਲਾਤਕਾਰ ਦੇ ਮਾਮਲੇ ਵਿਚ ਸਥਾਨਕ ਪੁਲਸ ਲਾਈਨ ਵਿਖੇ ਐੱਸ. ਪੀ. ( ਡੀ) ਪਲਵਿੰਦਰ ਸਿੰਘ ਚੀਮਾ ਨੂੰ ਮਿਲ ਕੇ ਐੱਫ. ਆਈ. ਆਰ. ਵਿਚ ਨਾਮਜ਼ਦ ਕੀਤੇ ਦੋਸ਼ੀ ਵਿਅਕਤੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਾ ਕਰਨ ਸਬੰਧੀ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਦਰਜ਼ ਕੇਸ ਵਿਚ ਲਗਾਈਆਂ ਧਰਾਵਾਂ ਦੇ ਨਾਲ ਐਸ. ਸੀ. ਐੱਸ. ਟੀ. ਐਕਟ ਦੀਆਂ ਧਾਰਾਵਾਂ ਨੂੰ ਵੀ ਸ਼ਾਮਲ ਕਰਨ, ਪੀੜਤ ਲੜਕੀ ਅਤੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਅਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਲਈ ਲੜਕੀ ਦੇ 164 ਅਧੀਨ ਬਿਆਨ ਦੁਬਾਰਾ ਕਰਵਾਉਣ ਲਈ ਯੋਗ ਮਹੌਲ ਅਤੇ ਉਪਰਾਲੇ ਕਰਨ ਦੀ ਮੰਗ ਕੀਤੀ। ਐੱਸ ਪੀ (ਡੀ) ਨੇ ਪੁਲਸ ਵਲੋਂ ਕੀਤੀ ਕਾਰਵਾਈ ਵਾਰੇ ਦੱਸਿਆ ਅਤੇ ਭਰੋਸਾ ਦਿਵਾਇਆ ਕਿ ਉਪਰੋਕਤ ਸਾਰੀਆਂ ਮੰਗਾਂ ਨੂੰ 10 ਦਿਨਾਂ ਵਿਚ ਪੂਰਾ ਕਰ ਦਿੱਤਾ ਜਾਵੇਗਾ। ਆਗੂਆਂ ਨੇ 10 ਦਿਨਾਂ ਦਾ ਨੋਟਿਸ ਦਿੰਦਿਆਂ ਕਿਹਾ ਕਿ ਮੰਗਾਂ ਦੀ ਪੂਰਤੀ ਨਾ ਹੋਣ ਦੀ ਸੂਰਤ ਵਿਚ ਇਸ ਉਪਰੰਤ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਵਫ਼ਦ ਵਿਚ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਸਵਰਨਜੀਤ ਸਿੰਘ, ਪ੍ਰੈੱਸ ਸਕੱਤਰ ਸਕੱਤਰ ਜੁਝਾਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਲਖਵੀਰ ਸਿੰਘ ਲੌਂਗੋਵਾਲ, ਡੈਮੋਕ੍ਰੇਟਿਕ ਟੀਚਰਜ ਫਰੰਟ ਦੇ ਆਗੂ ਬਲਵੀਰ ਚੰਦ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਮਾਸਟਰ ਪਰਮਵੇਦ, ਡੈਮੋਕ੍ਰੇਟਿਕ ਮੁਲਾਜਮ ਫੈਡਰੇਸ਼ਨ ਦੇ ਸੂਬਾ ਆਗੂ ਹਰਜੀਤ ਸਿੰਘ ਬਾਲੀਆਂ, ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਦੇ ਆਗੂ ਬਬਨ ਪਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਜਗਸੀਰ ਸਿੰਘ ਨਮੋਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਾਲਾ ਸੁਨਾਮ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਸਵਿੰਦਰ ਸਿੰਘ ਸੋਮਾ ਅਤੇ ਸੁਖਦੇਵ ਸਿੰਘ ਲੌਂਗੋਵਾਲ ਤੋਂ ਇਲਾਵਾ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਵਿਸ਼ਵ ਕਾਂਤ ਅਤੇ ਜਿਲ੍ਹਾ ਆਗੂ ਜਗਰੂਪ ਸਿੰਘ, ਮਾਸਟਰ ਸੁਖਜਿੰਦਰ ਸਿੰਘ ਸ਼ਾਮਲ ਸਨ।