ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 621.47 ਕਰੋੜ ਰੁਪਏ ਦੀ ਅਦਾਇਗੀ ਕੀਤੀ
ਦਲਜੀਤ ਕੌਰ ਸੰਗਰੂਰ, 18 ਅਪ੍ਰੈਲ, 2023:

ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਆਮਦ ਲਗਾਤਾਰ ਜਾਰੀ ਹੈ ਅਤੇ ਫ਼ਸਲ ਦੀ ਖਰੀਦ ਪ੍ਰਕਿਰਿਆ ਵੀ ਨਿਰਵਿਘਨ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਬੀਤੇ ਕੱਲ ਤੱਕ ਮੰਡੀਆਂ ’ਚ ਆਈ ਕਣਕ ਦੀ ਫ਼ਸਲ ’ਚੋਂ 95 ਫੀਸਦ ਤੋਂ ਵਧੇਰੇ ਦੀ ਖਰੀਦ ਕੀਤੀ ਵੀ ਜਾ ਚੁੱਕੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਅਪ੍ਰੈਲ ਤੱਕ ਮੰਡੀਆਂ ’ਚ 4,39,653 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜਿਸ ’ਚੋਂ 4,18,569 ਮੀਟ੍ਰਿਕ ਟਨ ਫ਼ਸਲ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਫ਼ਸਲ ’ਚੋਂ 3,69,955 ਮੀਟ੍ਰਿਕ ਟਨ ਕਣਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਅਤੇ 48,614 ਮੀਟ੍ਰਿਕ ਟਨ ਪ੍ਰਾਈਵੇਟ ਵਪਾਰੀਆਂ ਵੱਲੋਂ ਲਈ ਗਈ ਹੈ।ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੰਡੀਆਂ ’ਚ ਕਣਕ ਦੀ ਆਮਦ ਨੂੰ ਵੇਖਦਿਆਂ ਲਿਫ਼ਟਿੰਗ ਵੀ ਨਾਲੋ-ਨਾਲ ਕਰਵਾਉਣੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਫੜ੍ਹਾਂ ’ਤੇ ਜਗ੍ਹਾ ਦੀ ਕਮੀਂ ਨਾ ਆਵੇ। ਉਨ੍ਹਾਂ ਦੱਸਿਆ ਕਿ ਵਿਕੀ ਹੋਈ ਫ਼ਸਲ ’ਚੋਂ 1,78,195 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਬਕਾਇਆ ਨੂੰ ਵੀ ਜਲਦ ਤੋਂ ਜਲਦ ਚੁੱਕਣ ਲਈ ਲਿਫ਼ਟਿੰਗ ਪ੍ਰਕਿਰਿਆ ਤੇਜ਼ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 17 ਅਪ੍ਰੈਲ ਤੱਕ 621.47 ਕਰੋੜ ਰੁਪਏ ਦੀ ਅਦਾਇਗੀ ਵੀ ਜਾਰੀ ਕੀਤੀ ਜਾ ਚੁੱਕੀ ਹੈ। ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ’ਚ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਵਾਢੀ ਅਤੇ ਨਾੜ ਦੀ ਤੂੜੀ ਬਣਵਾਉਣ ਤੋਂ ਬਾਅਦ ਖੇਤਾਂ ’ਚ ਬਚੀ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਕਿਉਂਕਿ ਅੱਗ ਲਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਤ ਹੁੰਦਾ ਹੈ ਉੱਥੇ ਹੀ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।