ਅੰਮ੍ਰਿਤਸਰ -ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ , ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਵਾਪਰੇ ਸਮੁੱਚੇ ਘਟਨਾਕ੍ਰਮ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਆਫ਼ੀ ਮੰਗੀ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤੇ ਗੰਭੀਰ ਦੋਸ਼ ਲਾਉਂਦਿਆ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸੇ ਘਟਨਾਕ੍ਰਮ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਆਦੇਸ਼ ਦਿੱਤਾ ਸੀ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਾ ਕਰਨ ਅਤੇ ਜੇਕਰ ਉਹਨਾਂ ਅਸਤੀਫ਼ਾ ਪ੍ਰਵਾਨ ਕੀਤਾ ਤਾਂ ਬਾਕੀ ਸਿੰਘ ਸਾਹਿਬਾਨ ਵੀ ਅਸਤੀਫ਼ੇ ਦੇ ਦੇਣਗੇ । ਇਸ ਸਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨਾਲ ਪਹਿਲਾਂ ਫੋਨ ਰਾਹੀਂ ਗੱਲਬਾਤ ਕੀਤੀ ਹੈ ਅਤੇ ਅੱਜ ਸ਼੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੰਘ ਸਾਹਿਬਾਨ ਨੂੰ ਭਰੋਸਾ ਦਿੱਤਾ ਹੈ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ। ਜੇਕਰ ਕੋਈ ਵੀ ਅਕਾਲੀ ਆਗੂ ਜਥੇਦਾਰ ਸਾਹਿਬਾਨ ਅਕਾਲ ਤਖ਼ਤ ਦੀ ਮਰਿਆਦਾ ਬਾਰੇ ਕੋਈ ਟਿੱਪਣੀ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਪਾਰਟੀ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ । ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰ ਸੰਮੇਲਨ ਵਿੱਚ ਦੱਸਿਆਕ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ ਨਾਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤਾਂ ਦੇ ਜਥੇਦਾਰਾਂ ਦੇ ਨਾਲ ਹੈ ਅਤੇ ਉਹਨਾਂ ਦਾ ਪੂਰਾ ਮਾਨ ਸਤਿਕਾਰ ਕਰਦੀ ਹੈ ਅਤੇ ਹਰ ਆਦੇਸ਼ ਦੀ ਵੀ ਪਾਲਣਾ ਕਰਦੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਬਹੁਤ ਲੋੜ ਹੈ ।