4.5 C
United Kingdom
Friday, March 6, 2026

More

    ਮੰਡੀਆਂ ‘ਚ ਝੋਨੇ ਦੀ ਬੇਕਦਰੀ ਵਿਰੁੱਧ ਭਾਕਿਯੂ ਉਗਰਾਹਾਂ ਵੱਲੋਂ ਪੰਜਾਬ ਭਰ ‘ਚ 25 ਟੌਲ ਪਲਾਜੇ ਅਣਮਿਥੇ ਸਮੇਂ ਲਈ ਟੋਲ ਮੁਕਤ  

    ਚੰਡੀਗੜ੍ਹ-ਦਲਜੀਤ ਕੌਰ -ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਮੰਡੀਆਂ ਵਿੱਚ ਬੇਕਦਰੀ ਵਿਰੁੱਧ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 25 ਟੌਲ ਪਲਾਜੇ ਫ੍ਰੀ ਕਰਨ ਦੇ ਲਗਾਤਾਰ ਮੋਰਚੇ ਸ਼ੁਰੂ ਕੀਤੇ ਗਏ, ਜਿਨ੍ਹਾਂ ਵਿੱਚ 4 ਹੋਰ ਗੁਆਂਢੀ ਜ਼ਿਲਿਆਂ ਦੇ ਕਿਸਾਨ ਵੀ ਸ਼ਾਮਲ ਹੋਏ ਜਿੱਥੇ ਟੌਲ ਪਲਾਜੇ ਨਹੀਂ ਹਨ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਮੋਰਚਿਆਂ ਵਿੱਚ ਕੁੱਲ ਮਿਲਾ ਕੇ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਜਥੇਬੰਦੀ ਦੇ ਫੈਸਲੇ ਅਨੁਸਾਰ ਜੇਕਰ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਨਾਲੋ ਨਾਲ ਚੁਕਾਈ ਤੁਰੰਤ ਚਾਲੂ ਨਹੀਂ ਕੀਤੀ ਜਾਂਦੀ ਤਾਂ ਕੱਲ੍ਹ ਤੋਂ ਭਾਜਪਾ ਦੇ ਮੁੱਖ ਆਗੂਆਂ ਸਮੇਤ ਆਪ ਪਾਰਟੀ ਦੇ ਵੱਧ ਤੋਂ ਵੱਧ ਵਿਧਾਇਕਾਂ/ਸਾਂਸਦਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਵੀ ਲਗਾਤਾਰ ਮੋਰਚੇ ਲਾਏ ਜਾਣਗੇ। ਇਹ ਦੋਨੋਂ ਕਿਸਮਾਂ ਦੇ ਮੋਰਚੇ ਮੰਗਾਂ ਮੰਨੇ ਜਾਣ ਤੱਕ ਦਿਨੇ ਰਾਤ ਲਗਾਤਾਰ ਜਾਰੀ ਰਹਿਣਗੇ‌।

    ਅੱਜ ਦੇ ਮੋਰਚਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਜ਼ਿਲ੍ਹਾ ਬਲਾਕ ਪੱਧਰੇ ਬੁਲਾਰਿਆਂ ਨੇ ਜੋਰ ਦਿੱਤਾ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕੀਤੀ ਜਾਵੇ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਿਆ ਜਾਵੇ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕਰਨ ਤੋਂ ਇਲਾਵਾ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕੀਤੀ ਜਾਵੇ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕੀਤੀ ਜਾਵੇ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥੀ ਜਾਵੇ ਅਤੇ ਹੋਰ ਹੱਕੀ ਮੰਗਾਂ ਮੰਨੀਆਂ ਜਾਣ; ਪੁਆੜੇ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਇਸ ਸੰਸਥਾ ‘ਚੋਂ ਬਾਹਰ ਆਇਆ ਜਾਵੇ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾਵੇ; ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਇਸ ਬਾਰੇ ਮੜ੍ਹੇ ਗਏ ਪੁਲਿਸ ਕੇਸ, ਜੁਰਮਾਨੇ ਤੇ ਲਾਲ ਐਂਟ੍ਰੀਆਂ ਦੇ ਜਾਬਰ ਕਦਮ ਵਾਪਸ ਲਏ ਜਾਣ।

    ਬੁਲਾਰਿਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ, ਜਿਹੜੀਆਂ ਛੋਟੇ ਦਰਮਿਆਨੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਇਸੇ ਸੰਸਥਾ ਦੇ ਚਹੇਤੇ ਕਾਰਪੋਰੇਟਾਂ ਦੇ ਟੌਲ ਪਲਾਜੇ ਜਾਮ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਿਨ੍ਹਾਂ ਦਾ ਬੁਲਾਰਿਆਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਜਥੇਬੰਦੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਹੋਰ ਆਗੂਆਂ ਨੇ ਵੀ ਮੋਰਚਿਆਂ ਨੂੰ ਸੰਬੋਧਨ ਕੀਤਾ। ਸਾਰੇ ਬੁਲਾਰਿਆਂ ਵੱਲੋਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਕਿ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਇਨ੍ਹਾਂ ਮੋਰਚਿਆਂ ਵਿੱਚ ਵੀ ਪੂਰੇ ਜੋਸ਼ ਨਾਲ ਪੁੱਜਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਹੀ ਜਿੱਤ ਦੀ ਗਰੰਟੀ ਹੋਵੇਗੀ। 

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!