ਹਰਿਆਣਾ-ਹਰਿਆਣਾ ਸਰਕਾਰ ਨੇ ਦੀਵਾਲੀ ਦਾ ਗਿਫਟ ਦਿੰਦਿਆਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਕੀਤਾ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ ਮਹਿੰਗਾਈ ਭੱਤਾ 50 ਫੀਸਦੀ ਤੋਂ ਵਧਾ ਕੇ 53 ਫੀਸਦੀ ਕਰ ਦਿੱਤਾ ਹੈ। ਇਸ ਸਬੰਧੀ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਮੁਲਾਜ਼ਮਾਂ ਦੇ ਨਾਲ-ਨਾਲ ਪੈਨਸ਼ਨਰਾਂ ਨੂੰ ਵੀ ਇਸ ਤੋਂ ਰਾਹਤ ਮਿਲੇਗੀ। ਇਸ ਦਾ ਭੁਗਤਾਨ ਅਕਤੂਬਰ ਦੀ ਤਨਖਾਹ ਅਤੇ ਪੈਨਸ਼ਨ ਦੇ ਨਾਲ ਕੀਤਾ ਜਾਵੇਗਾ। ਇਹ ਹੁਕਮ 1 ਜੁਲਾਈ 2024 ਤੋਂ ਹੀ ਲਾਗੂ ਮੰਨਿਆ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਜੁਲਾਈ 2024 ‘ਚ ਮਹਿੰਗਾਈ ਭੱਤੇ ‘ਚ 4 ਫੀਸਦੀ ਦਾ ਵਾਧਾ ਕੀਤਾ ਸੀ। ਫਿਰ ਮੁਲਾਜ਼ਮਾਂ ਅਤੇ ਪੈਨਸ਼ਨ ਧਾਰਕਾਂ ਦਾ ਡੀਏ 46 ਤੋਂ ਵਧਾ ਕੇ 50 ਫੀਸਦੀ ਕਰ ਦਿੱਤਾ ਗਿਆ। ਮੁੜ ਮੁੱਖ ਮੰਤਰੀ ਬਣਨ ਤੋਂ ਬਾਅਦ ਨਾਇਬ ਸੈਣੀ ਵੱਲੋਂ ਲਗਾਤਾਰ ਵੱਡੇ ਫੈਸਲੇ ਲਏ ਜਾ ਰਹੇ ਹਨ। ਸਹੁੰ ਚੁੱਕ ਸਮਾਗਮ ਤੋਂ ਅਗਲੇ ਦਿਨ 18 ਅਕਤੂਬਰ ਨੂੰ ਨਾਇਬ ਸੈਣੀ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਐਲਾਨ ਕੀਤਾ ਸੀ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗੁਰਦਿਆਂ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਡਾਇਲਸਿਸ ਕੀਤਾ ਜਾਵੇਗਾ। ਭਵਿੱਖ ਵਿੱਚ ਮੈਡੀਕਲ ਕਾਲਜਾਂ ਵਿੱਚ ਵੀ ਇਹ ਮੁਫ਼ਤ ਸਹੂਲਤ ਉਪਲਬਧ ਕਰਵਾਈ ਜਾਵੇਗੀ।