ਅਸ਼ੋਕ ਵਰਮਾ
ਬਠਿੰਡਾ-ਅੱਜ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਘੰਟੇ ਦੇ ਸੜਕ ਜਾਮ ਦੇ ਦਿੱਤੇ ਸੱਦੇ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਬਠਿੰਡਾ ਨੇ ਝੋਨੇ ਦੀ ਖਰੀਦ ਅਤੇ ਚੁਕਾਈ ਲਈ ਬਠਿੰਡਾ ਵਿਖੇ ਰਿਲਾਇੰਸ ਮਾਲ ਦਾ ਘਿਰਾਓ ਕੀਤਾ। ਬਠਿੰਡਾ ਜਿਲ੍ਹੇ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸਾਨ ਜੱਥੇਬੰਦੀ ਨੇ ਕਾਰਪੋਰੇਟ ਘਰਾਣੇ ਰਿਲਾਇੰਸ ਨੂੰ ਨਿਸ਼ਾਨਾ ਬਣਾਇਆ ਹੋਵੇ। ਕਿਸਾਨ ਜੱਥੇਬੰਦੀ ਵੱਲੋਂ ਇਸ ਤੋਂ ਬਿਨਾਂ 9 ਦਿਨਾਂ ਤੋਂ 10 ਥਾਂਵਾਂ ’ਤੇ ਪੱਕੇ ਮੋਰਚੇ ਲਗਾਤਾਰ ਜਾਰੀ ਹਨ। ਅੱਜ ਦੇ ਇਕੱਠਾਂ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਅਤੇ ਔਰਤ ਜਥੇਬੰਦੀ ਦੇ ਆਗੂ ਹਰਿੰਦਰ ਬਿੰਦੂ ਨੇ ਸੰਬੋਧਨ ਕੀਤਾ ਅਤੇ ਇਸ ਦੌਰਾਨ ਪੰਜਾਬ ਸਰਕਾਰ ਤੋਂ ਇਲਾਵਾ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਧਨਾਢਾਂ ਪੱਖੀ ਨੀਤੀਆਂ ਨੂੰ ਲੈਕੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਜਿੱਤ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੇ ਆਮ ਲੋਕਾਂ ਦੇ ਸਹਿਯੋਗ ਨਾਲ ਇੱਕ ਸਾਲ ਤੋਂ ਵੱਧ ਸਮਾਂ ਦਿੱਲੀ ਦੇ ਬਾਰਡਰਾਂ ਤੇ ਮੋਰਚੇ ਲਾ ਕੇ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਏ ਸੀ ਉਹਨਾਂ ਨੂੰ ਗੁਪਤ ਢੰਗਾਂ ਨਾਲ ਲਾਗੂ ਕੀਤਾ ਜਾ ਰਿਹਾ ਹੈ ਜਿਸਦੇ ਸਿੱਟੇ ਵਜੋਂ ਹੀ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਾਰਪੋਰੇਟ ਘਰਾਣੇ ਦੇਸ ਦੀਆਂ ਹਕੂਮਤਾਂ ਤੋਂ ਆਪਣੇ ਪੱਖੀ ਨੀਤੀਆਂ ਲਾਗੂ ਕਰਾ ਕੇ ਖੇਤੀ ਜਿਨਸਾਂ ਅਤੇ ਫਸਲਾਂ ਤੇ ਐਮ ਐਸ ਪੀ ਖਤਮ ਕਰਵਾ ਕੇ ਜਮੀਨਾਂ ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਜਿੱਥੇ ਕਾਰਪੋਰੇਟ ਘਰਾਣਿਆਂ ਦੀ ਜਥੇਬੰਦੀ ਸੰਸਾਰ ਵਪਾਰ ਸੰਸਥਾ ਵੱਲੋਂ ਖੁੱਲ੍ਹੀ ਮੰਡੀ ਰਾਹੀਂ ਕਿਸਾਨਾਂ ਦੀਆਂ ਫਸਲਾਂ ਦੀ ਲੁੱਟ ਕਰਨ ਦੀਆਂ ਨੀਤੀਆਂ ਲਾਗੂ ਕਰਵਾਈਆਂ ਜਾ ਰਹੀਆਂ ਹਨ, ਉੱਥੇ ਵੱਡੇ ਮਾਲਾਂ ਰਾਹੀਂ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਫੇਲ੍ਹ ਕੀਤੇ ਜਾ ਰਹੇ ਹਨ। ਮਜ਼ਦੂਰਾਂ ਦਾ ਰੁਜ਼ਗਾਰ ਖੋਹ ਰਹੇ ਹਨ ਜਿਸ ਕਰਕੇ ਇਹ ਕਾਰਪੋਰੇਟ ਘਰਾਣੇ ਕਿਸਾਨਾਂ ਤੇ ਕਿਰਤੀ ਲੋਕਾਂ ਦੇ ਸਾਂਝੇ ਦੁਸ਼ਮਣ ਹਨ।
ਬੁਲਾਰਿਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਖੇਤੀ ਨੂੰ ਫੇਲ੍ਹ ਕਰਨ ਲਈ ਸਰਕਾਰ ਨੇ ਡੀਏਪੀ ਘੱਟ ਮੰਗਵਾਈ ਹੈ। ਉਹਨਾਂ ਡੀਏਪੀ ਦੀ ਬਿਨਾਂ ਸ਼ਰਤ ਨਿਰਵਿਘਨ ਸਪਲਾਈ ਕਰਨ ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਜਲਾਲਾਬਾਦ ਵਿਖੇ ਵਿਧਾਇਕ ਜਗਦੀਪ ਕੰਬੋਜ ਦੇ ਘਰ ਅੱਗੇ ਮੋਰਚੇ ਵਿੱਚ ਮੌਤ ਦੇ ਮੂੰਹ ਜਾ ਪਏ ਕਿਸਾਨ ਹਜਾਰਾ ਰਾਮ ਵਾਸੀ ਸਵਾਹ ਵਾਲਾ ਨੂੰ ਸ਼ਹੀਦ ਕਰਾਰ ਦਿੰਦਿਆਂ ਸ਼ਰਧਾਂਜਲੀ ਦਿੱਤੀ ਅਤੇ ਸ਼ਹੀਦ ਦੇ ਵਾਰਸਾਂ ਨੂੰ 10 ਲੱਖ ਮੁਆਵਜ਼ਾ, ਪੱਕੀ ਸਰਕਾਰੀ ਨੌਕਰੀ ਦੇਣ ਅਤੇ ਕਰਜਾ ਖ਼ਤਮ ਕਰਨ ਦੀ ਮੰਗ ਕੀਤੀ। ਧਰਨੇ ਨੂੰ ਬਸੰਤ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ ਕਰਮਜੀਤ ਕੌਰ ਲਹਿਰਾਖਾਨਾ ਮਾਲਣ ਕੌਰ ਕੋਠਾ ਗੁਰੂ, ਹਰਪ੍ਰੀਤ ਕੌਰ ਜੇਠੂਕੇ,ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਕੋਟਗੁਰੂ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਪੀਐਸਯੂ (ਸ਼ਹੀਦ ਰੰਧਾਵਾ) ਦੇ ਬਿੱਕਰਜੀਤ ਸਿੰਘ ਪੂਹਲਾ, ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬਲਜਿੰਦਰ ਸਿੰਘ ਅਤੇ ਡੀਟੀਐਫ ਆਗੂ ਜਸਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।