4.4 C
United Kingdom
Saturday, March 7, 2026

More

    ਸ਼ਹੀਦ ਨਾਇਕ ਰਾਜੇਸ਼ ਕੁਮਾਰ ਦਾ ਰਾਸ਼ਟਰੀ ਸਨਮਾਨ ਨਾਲ ਕੀਤਾ ਸਸਕਾਰ

    ਡਿਪਟੀ ਕਮਿਸ਼ਨਰ ਨੇ ਸ਼ਹੀਦ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ
    -ਜੰਮੂ-ਕਸ਼ਮੀਰ ਦੇ ਹੰਦਵਾੜਾ ਇਲਾਕੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਹੋਏ ਸ਼ਹੀਦ
    -ਦੇਸ਼ ਦੇ ਅਜਿਹੇ ਸਪੂਤਾਂ ‘ਤੇ ਦੇਸ਼ ਨੂੰ ਹਮੇਸ਼ਾ ਮਾਣ ਰਹੇਗਾ : ਡਿਪਟੀ ਕਮਿਸ਼ਨਰ

    ਮਾਨਸਾ, ( ਕਰਨ ਸਿੰਘ ਭੀਖੀ )

    ਜੰਮੂ-ਕਸ਼ਮੀਰ ਦੇ ਹੰਦਵਾੜਾ ਇਲਾਕੇ ਵਿੱਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਸਰਦੂਲਗੜ੍ਹ ਦੇ ਵਸਨੀਕ ਨਾਇਕ ਰਾਜੇਸ਼ ਕੁਮਾਰ (28 ਸਾਲ) ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋ ਗਏ, ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਵਿਖੇ ਰਾਜਰਾਣਾ ਵਿਖੇ ਰਾਸ਼ਟਰੀ ਸਨਮਾਨ ਨਾਲ ਸਲਾਮੀ ਦੇ ਕੇ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਸ਼ਹੀਦ ਨਾਇਕ ਰਾਜੇਸ਼ ਕੁਮਾਰ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ।
    ਸ਼ਹੀਦ ਨਾਇਕ ਰਾਜੇਸ਼ ਕੁਮਾਰ ਨੂੰ ਅੰਤਿਮ ਸਸਕਾਰ ਲਈ ਲੈ ਕੇ ਜਾਣ ਮੌਕੇ ਪਿੰਡ ਵਾਸੀਆਂ ਵੱਲੋਂ ਨਮ ਅੱਖਾਂ ਨਾਲ ਸੜਕਾਂ ਦੇ ਕਿਨਾਰਿਆਂ ‘ਤੇ ਖੜ੍ਹੇ ਹੋ ਕੇ ਫੁੱਲਾਂ ਦੀ ਵਰਖਾ ਨਾਲ ਆਪਣੀ ਸਰਧਾਂਜਲੀ ਭੇਟ ਕੀਤੀ ਅਤੇ ਵੰਦੇ ਮਾਤਰਮ ਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ ਗਏ।
    ਸ਼ਹੀਦ ਨਾਇਕ ਰਾਜੇਸ਼ ਕੁਮਾਰ ਦੇ ਪਿਤਾ ਸ਼੍ਰੀ ਰਾਮ ਕੁਮਾਰ ਨੇ ਦੱਸਿਆ ਕਿ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਰਾਜੇਸ਼ ਕੁਮਾਰ ਦੀ ਸ਼ਹਾਦਤ ‘ਤੇ ਮਾਣ ਹੈ। ਉਨ੍ਹਾਂ ਦੱਸਿਆ ਕਿ ਰਾਜੇਸ਼ ਕੁਮਾਰ ਫੌਜ ਦੀ ਰਾਸ਼ਟਰੀ ਰਾਇਫਲਜ਼ ਵਿੱਚ ਮਾਰਚ 2010 ਵਿੱਚ ਭਰਤੀ ਹੋਇਆ ਸੀ ਅਤੇ ਇਸ ਸਮੇਂ ਉਹ ਜੰਮੂ-ਕਸ਼ਮੀਰ ਦੇ ਹੰਦਵਾੜਾ ਇਲਾਕੇ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਿਹਾ ਸੀ।
    ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਥਰੀ ਗਾਰਡ ਰੈਜੀਮੈਂਟ ਵਿੱਚ ਤਾਇਨਾਤ ਸ਼ਹੀਦ ਨਾਇਕ ਰਾਜੇਸ਼ ਕੁਮਾਰ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, 2 ਭਾਈ ਅਤੇ 2 ਭੈਣਾਂ ਨੂੰ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਸ ਸੱਚੇ ਸਪੂਤ ਅਤੇ ਉਸ ਦੇ ਪਰਿਵਾਰ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਪੂਤਾਂ ‘ਤੇ ਦੇਸ਼ ਨੂੰ ਹਮੇਸ਼ਾਂ ਮਾਣ ਰਹੇਗਾ, ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦ ਫਿਜ਼ਾ ਵਿੱਚ ਵਿਚਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਦਿਲੇਰ ਅਤੇ ਹਿੰਮਤੀ ਨੌਜਵਾਨ ਦੇ ਸ਼ਹੀਦ ਹੋਣ ‘ਤੇ ਜਿੱਥੇ ਦੁੱਖ ਹੈ, ਉਥੇ ਹੀ ਦੇਸ਼ ਲਈ ਸ਼ਹਾਦਤ ਦੇਣ ਦਾ ਫ਼ਖਰ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਨਾਇਕ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਰਾਸ਼ੀ ਦੇਣ ਦੀ ਘੋਸ਼ਣਾ ਕੀਤੀ ਹੈ ਅਤੇ ਪਰਿਵਾਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ।
    ਕੋਵਿਡ-19 ਦੇ ਚੱਲਦਿਆਂ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕੁਝ ਪ੍ਰਮੁੱਖ ਸਖ਼ਸ਼ੀਅਤਾਂ ਦੇ ਸਾਹਮਣੇ ਹੀ ਸ਼ਹੀਦ ਨਾਇਕ ਰਾਜੇਸ਼ ਕੁਮਾਰ ਦਾ ਅੰਤਿਮ ਸਸਕਾਰ ਕੀਤਾ ਗਿਆ ਅਤੇ ਸਮਾਜਿਕ ਦੂਰੀ ਦਾ ਵੀ ਖਾਸ ਧਿਆਨ ਰੱਖਿਆ ਗਿਆ।
    ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਪਰਿਵਾਰਕ ਮੈਂਬਰਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਹਰ ਸਮੇਂ ਤਿਆਰ ਹੈ।
    ਇਸ ਮੌਕੇ ਮੈਂਬਰ ਲੋਕ ਸਭਾ ਹਲਕਾ ਸੰਗਰੂਰ ਸ਼੍ਰੀ ਭਗਵੰਤ ਮਾਨ, ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸਾਹੀਆ, ਹਲਕਾ ਵਿਧਾਇਕ ਮੋੜ ਸ਼੍ਰੀ ਜਗਦੇਵ ਸਿੰਘ ਕਮਾਲੂ, ਐਸ.ਐਸ.ਪੀ. ਡਾ. ਨਰਿੰਦਰ ਭਾਰਗਵ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਰਾਜਪਾਲ ਸਿੰਘ, ਸਾਬਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਅਜੀਤ ਇੰਦਰ ਸਿੰਘ ਮੋਫਰ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਸਿੰਘ ਮੋਫਰ, ਡੀ.ਐਸ.ਪੀ. ਸਰਦੂਲਗੜ੍ਹ ਸ਼੍ਰੀ ਸੰਜੀਵ ਗੋਇਲ, ਮੇਜਰ ਜਨਰਲ ਸ਼੍ਰੀ ਐਸ.ਪੀ. ਮਹਿਤਾ ਜੀ.ਓ.ਸੀ. 81 ਸਬ ਏਰੀਆ, ਕਮਾਂਡਿੰਗ ਅਫ਼ਸਰ ਏਅਰ ਡਿਫੈਂਸ ਰੈਜੀਮੈਂਟ ਅਤੇ ਉਨ੍ਹਾਂ ਦੀ ਟੀਮ, ਸੂਬੇਦਾਰ ਮੇਜਰ ਰਾਮ ਨਿਵਾਸ 3 ਗਾਰਡਜ਼, ਨਾਇਬ ਸੂਬੇਦਾਰ ਸ਼੍ਰੀ ਕੁਲਦੀਪ 21 ਰਾਸ਼ਟਰੀ ਰਾਇਫਲ, ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਸ਼੍ਰੀ ਐਮ.ਐਸ. ਰੰਧਾਵਾ ਅਤੇ ਵਾਈਸ ਪ੍ਰਧਾਨ ਬੀ.ਸੀ. ਸੈੱਲ ਸ਼੍ਰੀ ਸਤਪਾਲ ਵਰਮਾ ਤੋਂ ਇਲਾਵਾ ਪਿੰਡ ਦੇ ਮੋਹਤਵਰ ਵਿਅਕਤੀ ਸ਼ਾਮਿਲ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!