13.1 C
United Kingdom
Sunday, June 7, 2026

More

    ਪੇਂਡੂ ਵਿਕਾਸ ਵਿਭਾਗ ਵਲੋਂ ਸੂਬੇ ਵਿਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗਾਜ਼

    ਛੱਪੜਾਂ ਦੀ ਸਫ਼ਾਈ ਦਾ ਕੰਮ 10 ਜੂਨ ਤੱਕ ਮੁਕੰਮਲ ਕੀਤਾ ਜਾਵੇ: ਤਿ੍ਰਪਤ ਬਾਜਵਾ
    ਚੰਡੀਗੜ ( ਰਾਜਿੰਦਰ ਭਦੌੜੀਆ)
    ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਵੀਡੀਉ ਕਾਨਫਰੰਸ ਰਾਹੀਂ ਸੂਬੇ ਵਿਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਛੱਪੜਾਂ ਦੀ ਸਫ਼ਾਈ ਦਾ ਕਾਰਜ 10 ਜੂਨ ਤੱਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਦਾ ਪਿੰਡਾਂ ਦੀ ਸਫ਼ਾਈ ਅਤੇ ਲੋਕਾਂ ਦੀ ਸਿਹਤ ਨਾਲ ਡੂੰਘਾ ਸਬੰਧ ਹੈ, ਇਸ ਲਈ ਇਹ ਕਾਰਜ ਪਹਿਲ ਦੇ ਅਧਾਰ ਤੇ ਸਿਰੇ ਚਾੜਿਆ ਜਾਣਾ ਚਾਹੀਦਾ ਹੈ।
    ਸ੍ਰੀ ਬਾਜਵਾ ਨੇ ਕਿਹਾ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪੰਂਨੂੰ ਇਸ ਕਾਰਜ ਸਬੰਧੀ ਪੰਚਾਇਤਾਂ ਅਤੇ ਵਿਭਾਗ ਦੇ ਫੀਲਡ ਸਟਾਫ਼ ਨੂੰ ਸਲਾਹ ਦੇਣ ਅਤੇ ਉਹਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅਗਲੇ ਹਫ਼ਤੇ ਤੋਂ ਹੀ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦਾ ਦੌਰਾ ਕਰਨਗੇ।ਉਹਨਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਇਸ ਕਾਰਜ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਸਿਰੇ ਚੜਾਇਆ ਜਾਵੇਗਾ।
    ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮਗਨਰੇਗਾ ਕਾਮਿਆਂ ਨੂੰ ਇਸ ਕੰਮ ਰਾਹੀਂ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਇਸ ਕੰਮ ਲਈ ਮਸ਼ੀਨਾਂ ਦੀ ਘੱਟ ਤੋਂ ਘੱਟ ਵਰਤੋ ਕੀਤੀ ਜਾਵੇ ਅਤੇ ਬੇਲੋੜੇ ਖਰਚੇ ਨਾ ਕੀਤੇ ਜਾਣ।
    ਸ. ਬਾਜਵਾ ਕਿਹਾ ਅੱਜ ਜਿੱਥੇ ਦੇਸ਼ ਭਰ ਵਿਚ ਕੋਰੋਨਾ ਵਾਇਰਸ ਕਾਰਨ ਗਰੀਬ ਲੋਕਾਂ ਕੋਲ ਕੋਈ ਰੁਜ਼ਗਾਰ ਨਹੀਂ ਰਿਹਾ ਅਤੇ ਨਾ ਹੀ ਆਮਦਨੀ ਦਾ ਕੋਈ ਹੋਰ ਸਾਧਨ, ਸੋ ਇਸ ਮੁਹਿੰਮ ਨਾਲ ਗਰੀਬ ਲੋਕਾਂ ਨੂੰ ਮਗਨਰੇਗਾ ਅਧੀਨ ਰੁਜ਼ਗਾਰ ਵੀ ਮਿਲੇਗਾ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਮਗਨਰੇਗਾ ਕਾਮਿਆਂ ਦੀਆਂ ਅਦਾਇਗੀਆਂ ਵੀ ਨਾਲੋਂ ਨਾਲ ਕੀਤੀਆਂ ਜਾਣ।
    ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਵਿੱਤੀ ਕਮਿਸ਼ਨਰ ਸ੍ਰੀਮਤੀ ਸੀਮਾ ਜੈਨ ਨੇ ਦੱਸਿਆ ਕਿ ਛੱਪੜਾਂ ਦੀ ਸਫਾਈ ਦੇ ਨਾਲ ਨਾਲ ਗਾਰ ਵੀ ਕੱਢੀ ਜਾਵੇਗੀ ਅਤੇ ਜਿੱਥੇ ਸੰਭਵ ਹੈ ਉੱਥੇ ਛੱਪੜਾਂ ਦੀ ਸਫਾਈ ਅਤੇ ਨਵੀਨੀਕਰਨ ਥਾਪਰ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਸੀਚੇਵਾਲ ਮਾਡਲ ਅਨੁਸਾਰ ਵੀ ਕੀਤੀ ਜਾਵੇਗੀ।ਉਨਾਂ ਨਾਲ ਹੀ ਦੱਸਿਆ ਕਿ ਛੱਪੜਾਂ ਦੀ ਸਫਾਈ ਦੇ ਕੰਮ ਦੀ ਰੋਜ਼ਾਨਾਂ ਰਿਪੋਰਟ ਮੁੱਖ ਦਫਤਰ ਨੂੰ ਭੇਜੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਦਫਤਰ ਅਤੇ ਜ਼ਿਲਾ ਪੱਧਰ ਦੇ ਅਫਸਰਾਂ ਵਲੋਂ ਮੌਕੇ ਤੇ ਜਾ ਕੇ ਇਸ ਕੰਮ ਦਾ ਨਰੀਖਣ ਵੀ ਕੀਤਾ ਜਾਵੇਗਾ।
    ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਰ ਸ੍ਰੀ ਕਾਹਨ ਸਿੰਘ ਪੰਨੂ ਨੇ ਜਿੱਥੇ ਸੂਬੇ ਦੀਆਂ ਪੰਚਾਇਤਾਂ ਨੇ ਪਿੰਡਾਂ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਆਪਸੀ ਭਾਈਚਾਰੇ ਦੀ ਵੱਡੀ ਮਿਸਾਲ ਪੇਸ਼ ਕੀਤੀ ਹੈ, ਉਸੇ ਤਰਾਂ ਪਿੰਡਾਂ ਨੂੰ ਸਾਫ ਸੁਥਰਾ ਬਣਾਉਣ ਲਈ ਇਸ ਮੁਹਿੰਮ ਵਿਚ ਵਿਚ ਸਾਰੀਆਂ ਧਿਰਾਂ ਇੱਕਜੁਟ ਹੋ ਕੇ ਕੰਮ ਕਰਨ।ਉਨਾਂ ਸਾਰੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜਨ ਲਈ ਕਿਹਾ ਤਾਂ ਜੋ ਹਰ ਹੀਲੇ ਬਰਸਾਤਾਂ ਤੋਂ ਪਹਿਲਾਂ ਇਹ ਮੁਕੰਮਲ ਕਰ ਲਿਆ ਜਾਵੇ ਕਿਉਕਿ ਪਿਛਲੇ ਸਾਲ ਇਹ ਕੰਮ ਲੇਟ ਸ਼ੁਰੂ ਹੋਇਆ ਸੀ ਅਤੇ ਬਰਸਾਤਾਂ ਸ਼ੁਰੂ ਹੋਣ ਕਾਰਨ ਕੁਝ ਛੱਪੜਾਂ ਦੀ ਸਫਾਈ ਰਹਿ ਗਈ ਸੀ।
    ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡੀ.ਪੀ.ਐਸ ਖਰਬੰਦਾ, ਜੇ.ਡੀ.ਸੀ ਵਿਪੁਲ ਉਜਵਲ ਹਾਜ਼ਰ ਹੋਏ ਅਤੇ ਸਾਰੇ ਜ਼ਿਲਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਵਿਕਾਸ ਅਤੇ ਪੇਂਡੂ ਵਿਕਾਸ ਵਿਭਾਗ ਦੇ ਜ਼ਿਲ਼ਾ ਵਿਕਾਸ ਅਫਸਰਾਂ ਅਤੇ ਬਲਾਕ ਵਿਕਾਸ ਅਫਸਰਾਂ ਨੇ ਵੀਡੀਓ ਕਾਨਫਰੰਸ ਰਾਹੀਂ ਭਾਗ ਲਿਆ।
       

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!