ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲੀਸ ਨੂੰ ਲੌਕਡਾਊਨ ਦੀਆਂ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ
ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਰਾਤ ਦੇ ਕਰਫਿਊ ਨੂੰ ਅਮਲ ਵਿੱਚ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ ( ਰਾਜਿੰਦਰ ਭਦੌੜੀਆ )
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਆਖਿਆ ਕਿ ਆਰਥਿਕਤਾ ਦੇ ਨਾਲ-ਨਾਲ ਦਫਤਰਾਂ ਤੇ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਦੇ ਮੱਦੇਨਜ਼ਰ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅਗਲੇ 25-30 ਦਿਨ ਬਹੁਤ ਜ਼ਿਆਦਾ ਨਾਜ਼ੁਕ ਹਨ।
ਉਨ੍ਹਾਂ ਪੰਜਾਬ ਪੁਲੀਸ ਨੂੰ ਪ੍ਰੋਟੋਕੋਲ ਅਤੇ ਬੰਦਿਸ਼ਾਂ ਦਾ ਪੂਰੀ ਤਰ੍ਹਾਂ ਪਾਲਣ ਕਾਇਮ ਰੱਖਣ ਲਈ ਸਖਤ ਮਿਹਨਤ ਅਤੇ ਵਚਨਬੱਧਤਾ ਨਾਲ ਡਿਊਟੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ।
ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਹਫ਼ਤੇ 18 ਮਈ ਤੋਂ ਕਰਫਿਊ ਹਟਾਉਣ ਦਾ ਐਲਾਨ ਕੀਤਾ ਸੀ ਪਰ ਸੂਬੇ ਵਿੱਚ ਲੌਕਡਾਊਨ 30 ਮਈ ਤੱਕ ਜਾਰੀ ਰਹੇਗਾ।
ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲੀਸ ਮੁਖੀ ਦਿਨਕਰ ਗੁਪਤਾ ਵੱਲੋਂ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਲੌਕਡਾਊਨ ਦੀਆਂ ਪਾਬੰਦੀਆਂ ਦੀ ਉਲੰਘਣਾ ਦੇ ਮਾਮਲੇ ਵਿੱਚ ਐਫ.ਆਈ ਆਰ ਦਰਜ ਕਰਨ, ਵਾਹਨਾਂ ਨੂੰ ਜ਼ਬਤ ਕਰਨ ਅਤੇ ਚਲਾਨ ਕੱਟਣ ਲਈ ਆਖਿਆ ਹੈ।
ਸੂਬਾ ਪੁਲੀਸ ਮੁਖੀ ਵੱਲੋਂ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਕਿਹਾ ਗਿਆ ਕਿ ਉਹ ਨਿਸ਼ਚਤ ਰੂਪ ਵਿੱਚ ਇਹ ਯਕੀਨੀ ਬਣਾਉਣ ਕਿ ਹਰ ਕੋਈ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਪਹਿਨੇ।
ਮੁੱਖ ਮੰਤਰੀ ਵੱਲੋਂ ਰਾਤ ਦੇ ਵੇਲੇ ਦੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਕੇਂਦਰ ਵੱਲੋਂ ਲੌਕਡਾਊਨ ਦੇ ਚੌਥੇ ਗੇੜ ਲਈ ਜਾਰੀ ਹਦਾਇਤਾਂ ਅਨੁਸਾਰ ਮੈਡੀਕਲ ਅਤੇ ਜ਼ਰੂਰੀ ਲੋੜਾਂ ਤੋਂ ਇਲਾਵਾ ਲੋਕਾਂ ਦੇ ਰਾਤ ਦੇ 7 ਵਜੇ ਤੋਂ ਸਵੇਰ ਦੇ 7 ਵਜੇ ਤੱਕ ਬਾਹਰ ਨਿਕਲਣ ‘ਤੇ ਰੋਕ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਢਿੱਲ ਲੋਕਾਂ ਨੂੰ ਸੌਖ ਅਤੇ ਸੁਵਿਧਾ ਮੁਹੱਈਆ ਕਰਵਾਉਣ ਲਈ ਦਿੱਤੀ ਗਈ ਹੈ ਕਿਉਂਕਿ ਸੂਬੇ ਦੇ ਲੋਕਾਂ ਨੂੰ ਕਰਫਿਊ ਦੇ ਸਮੇਂ ਦੌਰਨ ਬਹੁਤ ਔਖਿਆਈਆਂ ਹੰਢਾਉਣੀਆਂ ਪਈਆਂ ਹਨ। ਪਰ ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।