9.1 C
United Kingdom
Wednesday, May 14, 2025

More

    ਪੰਜਾਬ ਵਿੱਚ ਲੌਕ ਡਾਊਨ ਸਖ਼ਤੀ ਨਾਲ ਲਾਗੂ ਹੋਵੇ -ਕੈਪਟਨ ਅਮਰਿੰਦਰ ਸਿੰਘ

    ਚੰਡੀਗੜ੍ਹ (ਰਾਜਿੰਦਰ ਭਦੌੜੀਆ)
    ਸੂਬੇ ਵਿੱਚ ਮੰਗਲਵਾਰ ਬਹੁਤ ਸਾਰੀਆਂ ਛੋਟਾਂ ਅਮਲ ਵਿੱਚ ਆਉਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸੰਬੰਧਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਆਖਿਆ ਕਿ ਆਰਥਿਕਤਾ ਦੇ ਨਾਲ-ਨਾਲ ਦਫਤਰਾਂ ਤੇ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਦੇ ਮੱਦੇਨਜ਼ਰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅਗਲੇ 25-30 ਦਿਨ ਬਹੁਤ ਜ਼ਿਆਦਾ ਨਾਜ਼ੁਕ ਹਨ। ਮੁੱਖ ਮੰਤਰੀ ਨੇ ਪੰਜਾਬ ਪੁਲਸ ਨੂੰ ਪ੍ਰੋਟੋਕੋਲ ਅਤੇ ਬੰਦਿਸ਼ਾਂ ਦਾ ਪੂਰੀ ਤਰ੍ਹਾਂ ਪਾਲਣ ਕਾਇਮ ਰੱਖਣ ਲਈ ਸਖਤ ਮਿਹਨਤ ਅਤੇ ਵਚਨਬੱਧਤਾ ਨਾਲ ਡਿਊਟੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਸੂਬੇ ਨੂੰ ਮਹਾਂਮਾਰੀ ਦੇ ਫੈਲਾਅ ਨੂੰ ਕਾਬੂ ਹੇਠ ਰੱਖਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ, ‘ਅਸੀਂ ਪਿਛਲੇ 55 ਦਿਨਾਂ ਤੋਂ ਤੁਹਾਡੇ ਵੱਲੋਂ ਕੀਤੇ ਕੰਮਾਂ ਦੇ ਲਾਭ ਅਤੇ ਪੰਜਾਬ ਦੇ ਲੋਕਾਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਹੁਣ ਅਵੇਸਲੇ ਹੋਣ ਜਾਣ ਨਾਲ ਰੋਲ ਨਹੀਂ ਸਕਦੇ।’
    ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਹਫ਼ਤੇ 18 ਮਈ ਤੋਂ ਕਰਫਿਊ ਹਟਾਉਣ ਦਾ ਐਲਾਨ ਕੀਤਾ ਸੀ, ਪਰ ਸੂਬੇ ਵਿੱਚ ਲਾਕਡਾਊਨ 30 ਮਈ ਤੱਕ ਜਾਰੀ ਰਹੇਗਾ। ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਲੀਹ ‘ਤੇ ਸੂਬੇ ਨੇ ਗੈਰ-ਸੀਮਿਤ ਜ਼ੋਨਾਂ ਵਿੱਚ ਕਈ ਛੋਟਾਂ ਦਿੱਤੀਆਂ ਅਤੇ ਅੱਜ ਤੋਂ ਪੜਾਅਵਾਰ ਢੰਗ ਨਾਲ ਸਥਾਨਕ ਬੱਸਾਂ ਵੀ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਪੰਜਾਬ ਪੁਲਸ ਮੁਖੀ ਦਿਨਕਰ ਗੁਪਤਾ ਵੱਲੋਂ ਸਾਰੇ ਪੁਲਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਲਾਕਡਾਊਨ ਦੀਆਂ ਪਾਬੰਦੀਆਂ ਦੀ ਉਲੰਘਣਾ ਦੇ ਮਾਮਲੇ ਵਿੱਚ ਐੱਫ ਆਈ ਆਰ ਦਰਜ ਕਰਨ, ਵਾਹਨਾਂ ਨੂੰ ਜ਼ਬਤ ਕਰਨ ਅਤੇ ਚਲਾਨ ਕੱਟਣ ਲਈ ਆਖਿਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਪੰਜਾਬ ਪੁਲਸ ਮੁਖੀ ਵੱਲੋਂ ਅਧਿਕਾਰੀਆਂ ਨੂੰ ਆਖਿਆ ਗਿਆ ਕਿ ਵੱਖ-ਵੱਖ ਪਾਬੰਦੀਆਂ ਨੂੰ ਪੁਖਤਾ ਰੂਪ ‘ਚ ਲਾਗੂ ਕਰਨ ਲਈ ਸਖਤ ਸੁਨੇਹਾ ਜਾਣਾ ਚਾਹੀਦਾ ਹੈ। ਸੂਬਾ ਪੁਲਸ ਮੁਖੀ ਵੱਲੋਂ ਸਾਰੇ ਪੁਲਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਕਿਹਾ ਗਿਆ ਕਿ ਉਹ ਨਿਸ਼ਚਤ ਰੂਪ ਵਿੱਚ ਇਹ ਯਕੀਨੀ ਬਣਾਉਣ ਕਿ ਹਰ ਕੋਈ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਜ਼ਰੂਰ ਪਹਿਨੇ। ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਉਹ ਦੁਕਾਨਾਂ, ਦਫਤਰਾਂ, ਬੈਂਕਾਂ ਅਤੇ ਸ਼ਰਾਬ ਦੇ ਠੇਕਿਆਂ ਦੇ ਨਾਲ-ਨਾਲ ਵਾਹਨਾਂ (ਕਾਰ, ਸਕੂਟਰ, ਮੋਟਰਸਾਈਕਲ) ਅਤੇ ਪਬਲਿਕ/ ਪ੍ਰਾਈਵੇਟ ਬੱਸਾਂ ‘ਚ ਵੀ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ। ਪਾਬੰਦੀਆਂ ਵਿੱਚ ਢਿੱਲ ਵਾਲੀਆਂ ਨਵੀਆਂ ਹਦਾਇਤਾਂ ਤਹਿਤ ਇਹ ਵਾਹਨ ਰਾਜ ਦੀ ਹਦੂਦ ਅੰਦਰ, ਸੀਮਤ ਜ਼ੋਨਾਂ ਨੂੰ ਛੱਡ ਕੇ, ਚੱਲ ਸਕਣਗੇ, ਪਰ ਇਸ ਸੰਬੰਧੀ ਨਿਯਮਾਂ ਦਾ ਸਖਤੀ ਨਾਲ ਪਾਲਣਾ ਕਰਨਾ ਹੋਵੇਗਾ।
    ਮੁੱਖ ਮੰਤਰੀ ਵੱਲੋਂ ਰਾਤ ਦੇ ਵੇਲੇ ਦੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਸੰਬੰਧੀ ਕੇਂਦਰ ਵੱਲੋਂ ਲਾਕਡਾਊਨ ਦੇ ਚੌਥੇ ਗੇੜ ਲਈ ਜਾਰੀ ਹਦਾਇਤਾਂ ਅਨੁਸਾਰ ਮੈਡੀਕਲ ਅਤੇ ਜ਼ਰੂਰੀ ਲੋੜਾਂ ਤੋਂ ਇਲਾਵਾ ਲੋਕਾਂ ਦੇ ਰਾਤ ਦੇ 7 ਵਜੇ ਤੋਂ ਸਵੇਰ ਦੇ 7 ਵਜੇ ਤੱਕ ਬਾਹਰ ਨਿਕਲਣ ‘ਤੇ ਰੋਕ ਹੈ। ਕੈਪਟਨ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਢਿੱਲ ਲੋਕਾਂ ਨੂੰ ਸੌਖ ਅਤੇ ਸੁਵਿਧਾ ਮੁਹੱਈਆ ਕਰਵਾਉਣ ਲਈ ਦਿੱਤੀ ਗਈ ਹੈ, ਕਿਉਂਕਿ ਸੂਬੇ ਦੇ ਲੋਕਾਂ ਨੂੰ ਕਰਫਿਊ ਦੇ ਸਮੇਂ ਦੌਰਨ ਬਹੁਤ ਔਖਿਆਈਆਂ ਹੰਢਾਉਣੀਆਂ ਪਈਆਂ ਹਨ, ਪਰ ਉਨ੍ਹਾ ਨਾਲ ਹੀ ਸਪੱਸ਼ਟ ਕੀਤਾ ਕਿ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!