ਚੰਡੀਗੜ੍ਹ (ਰਾਜਿੰਦਰ ਭਦੌੜੀਆ)
ਪੰਜਾਬ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂਤੇ ਹੁਣ ਤੱਕ 3,95,000 ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਦੀ ਸਹੂਲਤ ਦਿੱਤੀ ਗਈ ਹੈ।
ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਅੱਜ ਕੁੱਲ 23 ਰੇਲ ਗੱਡੀਆਂ ਚੱਲ ਰਹੀਆਂ ਹਨ ਜਿਸ ਨਾਲ ਪਰਵਾਸੀ ਕਾਮਿਆਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਦੀ ਕੁੱਲ ਗਿਣਤੀ 311 ਹੋ ਗਈ ਹੈ ਅਤੇ ਪੰਜਾਬ ਇਸ ਸਬੰਧ ਮੋਹਰੀ ਸੂਬਾ ਬਣ ਗਿਆ ਹੈ। ਸੂਬਾ ਸਰਕਾਰ ਵੱਲੋਂ ਪਰਵਾਸੀ ਕਾਮਿਆਂ ਨੂੰ ਉਨ੍ਹਾਂ ਦੇ ਪਿੱਤਰੀ ਰਾਜ ਵਾਪਸ ਜਾਣ ਦੀ ਸਹੂਲਤ ਦੇਣ ਵਾਸਤੇ ਹੁਣ ਤੱਕ 21.8 ਕਰੋੜ ਰੁਪਏ ਖ਼ਰਚੇ ਗਏ ਹਨ।
ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵੱਲੋਂ ਪਟਿਆਲੇ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀ ਗਈ 300 ਵੀਂ ਰੇਲਗੱਡੀ ਪ੍ਰਵਾਸੀਆਂ ਕਾਮਿਆਂ ਨੂੰ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਘਰ ਲੈ ਕੇ ਜਾਏਗੀ।
ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਆਪਣੇ ਪਿੱਤਰੀ ਰਾਜਾਂ ਨੂੰ ਵਾਪਸ ਜਾਣ ਦੀ ਇੱਛਾ ਰੱਖਣ ਵਾਲੇ ਪਰਵਾਸੀ ਕਾਮਿਆਂ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੇ ਸ਼ੁਰੂ ਤੋਂ ਹੀ ਸੂਬੇ ਵਿੱਚ ਕੰਮ ਕਰ ਰਹੇ ਸਾਰੇ ਪ੍ਰਵਾਸੀਆਂ ਨੂੰ ਭਰੋਸਾ ਦਿੱਤਾ ਸੀ ਕਿ ਹਰ ਕੋਈ ਜੋ ਆਪਣੇ ਗ੍ਰਹਿ ਰਾਜ ਵਿੱਚ ਵਾਪਸ ਜਾਣਾ ਚਾਹੁੰਦਾ ਹੈ, ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ।
ਪ੍ਰਵਾਸੀਆਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਘੱਟ ਕਰਨ ਲਈ ਸੂਬੇ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਘਰ ਵਾਪਸ ਜਾਣ ਵਾਲੇ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।