ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ
ਅੰਮ੍ਰਿਤਸਰ,(ਰਾਜਿੰਦਰ ਰਿਖੀ)
ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਬੀ:ਓ:ਪੀ ਸਹਾਰਨਬੰਨ, ਧਰਮ ਪ੍ਰਕਾਸ਼, ਲਬ ਦਰਿਆ, ਸਹਾਰਨ ਚੋਂਕੀ ਅਤੇ ਰਾਣੀਆਂ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਹੋਇਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਢਿਲੋਂ ਨੇ ਦੱਸਿਆ ਕਿ ਜਿੰਨਾਂ ਥਾਵਾਂ ਤੇ ਹੜਾਂ ਦਾ ਜਿਆਦਾ ਖਤਰਾ ਹੈ ਉਥੇ ਮੁਰੰਮਤ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਉਨਾਂ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਪੂਰੇ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਹੜਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਹੋਇਆਂ ਨਵੀਂਆਂ ਬੇੜੀਆਂ ਦੀ ਖਰੀਦ ਅਤੇ ਪੁਰਾਣੀਆਂ ਬੇੜੀਆਂ ਦੀ ਮੁਰੰਮਤ ਵੀ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ।ਢਿਲੋਂ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਢਿਲੋਂ ਨੇ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗਾ ਰੱਖਣ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।
ਇਸ ਮੌਕੇ ਅੰਕੁਰਜੀਤ ਸਿੰਘ ਆਈਏਐਸ, ਐਸ ਡੀ ਐਮ ਦੀਪਕ ਭਾਟੀਆ, ਜਿਲਾ ਮਾਲ ਅਫਸਰ ਮੁਕੇਸ਼ ਸ਼ਰਮਾ, ਐਕਸੀਅਨ ਡਰੇਨੇਜ਼ ਚਰਨਜੀਤ ਸਿੰਘ, ਸਹਾਇਕ ਕਮਾਂਡੈਂਟ ਬੀ:ਐਸ:ਐਫ ਰਜਿੰਦਰ ਸਿੰਘ ਗੁੱਜਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।