ਯੂਕੇ- ਮਕਾਨ ਮਾਲਕਾਂ ਦੁਆਰਾ ਕਿਰਾਏਦਾਰਾਂ ਨੂੰ ਬਾਹਰ ਕੱਢਣ ‘ਤੇ ਵਧਾਈ ਦੋ ਮਹੀਨਿਆਂ ਲਈ ਪਾਬੰਦੀ।
ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)
ਬਰਤਾਨਵੀ ਗ੍ਰਹਿ ਸਕੱਤਰ ਨੇ ਕਿਹਾ ਹੈ ਕਿ ਕੋਰੋਨਵਾਇਰਸ ਮਹਾਂਮਾਰੀ ਦੌਰਾਨ ਮਕਾਨ ਮਾਲਕਾਂ ਦੁਆਰਾ ਕਿਰਾਏਦਾਰਾਂ ਨੂੰ ਕੱਢਣ ‘ਤੇ ਲਗਾਈ ਪਾਬੰਦੀ ਨੂੰ ਦੋ ਮਹੀਨਿਆਂ ਲਈ ਹੋਰ ਵਧਾ ਦਿੱਤਾ ਗਿਆ ਹੈ। ਰਾਬਰਟ ਜੇਨਰੀਕ ਨੇ ਵਾਅਦਾ ਕੀਤਾ ਸੀ ਕਿ ਇਸ ਮਾਹੌਲ ਵਿੱਚ ਕਿਸੇ ਨੂੰ ਵੀ ਉਨ੍ਹਾਂ ਦੇ ਘਰੋਂ ਬਾਹਰ ਨਹੀਂ ਕੱਢਿਆ ਜਾਵੇਗਾ। ਉਸਨੇ ਐਲਾਨ ਕੀਤਾ ਹੈ ਕਿ ਜਿਹੜੇ ਲੋਕ ਘਰਾਂ ਦਾ ਕਿਰਾਇਆ ਨਹੀਂ ਦੇ ਸਕਦੇ, ਉਨ੍ਹਾਂ ਨੂੰ 23 ਅਗਸਤ ਤੱਕ ਸੁਰੱਖਿਅਤ ਰੱਖਿਆ ਜਾਵੇਗਾ।ਇਸ ਮੌਜੂਦਾ ਸੰਕਟ ਵਿੱਚ ਲੱਖਾਂ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ, ਜਿਸ ਕਰਕੇ ਉਹ ਕਿਰਾਇਆ ਨਹੀ ਦੇ ਸਕਦੇ। ਉਹਨਾਂ ਕਿਹਾ ਕਿ ਜਦੋਂ ਸਰਕਾਰ ਵੱਲੋਂ ਲੋਕਾਂ ਨੂੰ ਹਰ ਸਹਿਯੋਗ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਮਕਾਨ ਮਾਲਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਨਸਾਨੀਅਤ ਦੇ ਨਾਤੇ ਆਪਣੇ ਕਿਰਾਏਦਾਰਾਂ ਦੇ ਦਰਦ ਨੂੰ ਵੀ ਮਹਿਸੂਸ ਕਰਨ।