ਚੰਡੀਗੜ੍ਹ (ਪੰਜ ਦਰਿਆ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਦਾ ਅਹੁਦਾ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤਾ ਹੈ। ਪਹਿਲਾਂ ਇਹ ਅਹੁਦਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਕੋਲ ਸੀ।
ਜਾਣਕਾਰੀ ਅਨੁਸਾਰ ਪਾਰਟੀ ਦੇ ਸੀਨੀਅਰ ਆਗੂਆਂ ਸੁਖਦੇਵ ਸਿੰਘ ਢੀਂਡਸਾ ਅਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲੀ ਦਲ ਵਿੱਚੋਂ ਬਾਹਰ ਹੋਣ ਮਗਰੋਂ ਸੁਖਬੀਰ ਸਿੰਘ ਬਾਦਲ ਵੱਲੋਂ ਨਵੀਂ ਟੀਮ ਦੀ ਚੋਣ ਕੀਤੀ ਗਈ ਹੈ। ਅਹੁਦੇਦਾਰਾਂ ਦੀ ਨਵੀਂ ਸੂਚੀ ਮੁਤਾਬਕ ਬਲਵਿੰਦਰ ਸਿੰਘ ਭੂੰਦੜ ਪਾਰਟੀ ਦੇ ਸਕੱਤਰ ਜਨਰਲ ਹੋਣਗੇ। ਜਥੇਦਾਰ ਤੋਤਾ ਸਿੰਘ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਡਾ. ਉਪਿੰਦਰਜੀਤ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਨਰੇਸ਼ ਗੁਜਰਾਲ, ਜਗਮੀਤ ਸਿੰਘ ਬਰਾੜ, ਪ੍ਰਕਾਸ਼ ਚੰਦ ਗਰਗ, ਹਰਮਨਜੀਤ ਸਿੰਘ ਦਿੱਲੀ ਅਤੇ ਹਰਮੇਲ ਸਿੰਘ ਟੌਹੜਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐੱਨ.ਕੇ. ਸ਼ਰਮਾ ਅਕਾਲੀ ਦਲ ਦੇ ਖ਼ਜ਼ਾਨਚੀ ਨਿਯੁਕਤ ਕੀਤੇ ਗਏ ਹਨ। ਹੀਰਾ ਸਿੰਘ ਗਾਬੜੀਆ ਤੇ ਮਨਜਿੰਦਰ ਸਿੰਘ ਸਿਰਸਾ ਦੇ ਨਾਂ ਕੋਰ ਕਮੇਟੀ ਵਿਚ ਮੈਂਬਰਾਂ ਵਜੋਂ ਸ਼ਾਮਲ ਕੀਤੇ ਗਏ ਹਨ। ਸ੍ਰੀ ਗਾਬੜੀਆ ਨੂੰ ਪਾਰਟੀ ਦੇ ਬੀਸੀ ਵਿੰਗ ਦਾ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਿਕੰਦਰ ਸਿੰਘ ਮਲੂਕਾ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਅਤੇ ਪਾਰਟੀ ਦੇ ਮੁਲਾਜ਼ਮ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਯੂਥ ਆਗੂ ਸਰਬਜੀਤ ਸਿੰਘ ਸਾਬੀ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਤੇ ਪਵਨ ਕੁਮਾਰ ਟੀਨੂ ਨੂੰ ਪਾਰਟੀ ਦੇ ਐੱਸਸੀ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ।
ਨਵੀਂ ਟੀਮ ’ਚ ਟਕਸਾਲੀਆਂ ਨੂੰ ਵੀ ਥਾਂ ਮਿਲੀ
ਨਵੀਂ ਟੀਮ ਵਿੱਚ ਜਿੱਥੇ ਬਾਦਲ ਪਰਿਵਾਰ ਦੇ ਰਿਸ਼ਤੇਦਾਰਾਂ ਅਤੇ ਵਫ਼ਾਦਾਰਾਂ ਨੂੰ ਤਰਜੀਹ ਦਿੱਤੀ ਗਈ ਹੈ ਉਥੇ ਟਕਸਾਲੀਆਂ ਨੂੰ ਵੀ ਪਾਰਟੀ ਦੇ ਚਿਹਰੇ ਬਣਾਉਣ ਦਾ ਯਤਨ ਕੀਤਾ ਗਿਆ ਹੈ। ਨਵੇਂ ਅਹੁਦੇਦਾਰਾਂ ਵਿੱਚ ਕਾਂਗਰਸ ਤੋਂ ਅਕਾਲੀ ਦਲ ਵਿੱਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ ਅਤੇ ਬਾਦਲ ਪਰਿਵਾਰ ਦੇ ਦਾਮਾਦ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।