ਮੋਗਾ (ਮਿੰਟੂ ਖੁਰਮੀ)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਮਹਾਂਮਾਰੀ ਤੋਂ ਬਚਾਅ ਸਬੰਧੀ ਵੱਖ ਵੱਖ ਸਾਵਧਾਨੀਆਂ ਵਰਤਣ ਅਤੇ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮਿਸ਼ਨ ਫਤਿਹ ਮੁਹਿੰਮ ਦੀ ਜਮੀਨੀ ਪੱਧਰ ਤੇ ਸ਼ੁਰੂਆਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ ਅਤੇ ਉਪ ਮੰਡਲ ਮੇੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੀ ਸਰਪ੍ਰਸਤੀ ਹੇਠ ਇੱਕ ਵਿਸੇਸ਼ ਪ੍ਰੈਸ ਕਾਨਫਰੰਸ ਕਰਕੇ ਕੀਤੀ ਗਈ। ਇਸ ਮੌਕੇ ਉਨ੍ਹਾਂ ਮਿਸ਼ਨ ਫਤਿਹ ਤਹਿਤ ਮੋਗਾ ਜਿਲ੍ਹੇ ਵਿੱਚ ਜਨ ਜਾਗਰੂਕਤਾ ਲਈ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਹਫਤਾ ਭਰ ਕੀਤੇ ਜਾਣ ਵਾਲੇ ਉਪਰਾਲਿਆਂ/ ਮੁਹਿੰਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।
ਜ਼ਿਲ੍ਹਾ ਮੋਗਾ ਵਿੱਚ ਮਿਸ਼ਨ ਫਤਿਹ ਤਹਿਤ ਜਾਗਰੂਕ ਕਰਨ ਲਈ 10 ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ। ਮੋਗਾ ਨਗਰ ਨਿਗਮ ਵਿੱਚ ਪ੍ਰਚਾਰ ਕਰਨ ਵਾਲੀਆਂ 3 ਗੱਡੀਆਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੀਤਾ ਦਰਸ਼ੀ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਆਮ ਲੋਕਾਂ ਨੂੰ ਕਰੋਨਾ ਸਬੰਧੀ ਬਚਾਅ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੀ ਅਜੇ ਤੱਕ ਕੋਈ ਦਵਾਈ ਨਹੀਂ ਬਣੀ ਸਿਰਫ ਸਾਵਧਾਨੀਆਂ ਨਾਲ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਮੀਡੀਆ, ਐਨ.ਜੀ.ਓ, ਧਾਰਮਿਕ ਸੰਸਥਾਵਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਵੱਡਮੁੱਲਾ ਯੋਗਦਾਨ ਦੇਣ।
ਉਨ੍ਹਾਂ ਅੱਗੇ ਦੱਸਿਆ ਕਿ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ। ਉਨਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨਾਂ ਦੱਸਿਆ ਕਿ 15 ਜੂਨ ਨੂੰ ਅਧਿਕਾਰਿਤ ਤੌਰ ‘ਤੇ ਮਿਸ਼ਨ ਫ਼ਤਿਹ ਤਹਿਤ ਹੋਣ ਵਾਲੀਆਂ ਜ਼ਮੀਨੀ ਗਤੀਵਿਧੀਆਂ ਦੀ ਅਰੰਭਤਾ ਕੀਤੀ ਜਾਵੇਗੀ।
ਉਨ੍ਹਾਂ ਵਿਭਾਗ ਵਾਰ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ‘ਤੇ ਅਪਲੋਡ ਕੀਤੀ ਜਾਵੇਗੀ। ਇਨਾਂ ਕੋਰੋਨਾ ਯੋਧਿਆਂ ਵਿੱਚ ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਸਫ਼ਾਈ ਵਰਕਰ, ਜੀ ਓ ਜੀਜ਼, ਸਰਪੰਚ, ਸਵੈ ਸੇਵੀ ਸੰਗਠਨ ਆਦਿ ਸ਼ਾਮਿਲ ਹੋਣਗੇ। ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਜ਼ਿਲੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ। ਜ਼ਿਲਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀ ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।